27 ਫਰਵਰੀ ਤੋਂ 1 ਮਾਰਚ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਵਿਭਾਗਾਂ ਨੂੰ ਹਦਾਇਤਾਂ ਜਾਰੀ

ਗਵਾਂਢੀ ਮੁਲਕਾਂ ‘ਚ ਪੋਲੀਓ ਦੇ ਕੇਸ ਆਉਣ ਕਰਕੇ ਅਸੀਂ ਅਵੇਸਲੇ ਨਹੀਂ ਹੋ ਸਕਦੇ-ਡੀ.ਸੀ.
-ਦਹਾਕਿਆਂ ਦੀ ਮਿਹਨਤ ਬਾਅਦ ਅਸੀਂ ਪੋਲੀਓ ਨੂੰ ਜੜ੍ਹ ਤੋਂ ਖਤਮ ਕਰਨ ‘ਚ ਕਾਮਯਾਬ ਹੋਏ ਹਾਂ : ਸੰਦੀਪ ਹੰਸ
-ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,88,370 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
-917 ਬੂਥਾਂ ਸਮੇਤ ਘਰ-ਘਰ ਜਾਣਗੀਆਂ 1834 ਟੀਮਾਂ
ਪਟਿਆਲਾ, 24 ਫਰਵਰੀ:
ਪਟਿਆਲਾ ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ 2022 ਤੱਕ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 88 ਹਜ਼ਾਰ 370 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੀ ਸਫ਼ਲਤਾ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਆਨ ਲਾਈਨ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਹਾਕਿਆਂ ਦੀ ਮਿਹਨਤ ਬਾਅਦ ਅਸੀ ਇਸ ਮੁਕਾਮ ‘ਤੇ ਪਹੁੰਚੇ ਹਾਂ ਜਦ ਸਾਡੇ ਦੇਸ਼ ਵਿੱਚ ਕੋਈ ਵੀ ਬੱਚਾ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਨਹੀਂ ਹੈ ਹੁਣ ਅਸੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਆਪਣੀ ਪੂਰੀ ਸਮਰੱਥਾ ਨਾਲ 27 ਫਰਵਰੀ ਤੋਂ 1 ਮਾਰਚ ਤੱਕ ਚੱਲਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਈਏ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਗਵਾਂਢੀ ਮੁਲਕਾਂ ਪਾਕਿਸਤਾਨ, ਅਫ਼ਗਾਨਿਸਤਾਨ ਤੋਂ ਇਲਾਵਾ ਅਫ਼ਰੀਕਾ ਆਦਿ ਮੁਲਕਾਂ ‘ਚ ਪੋਲੀਓ ਦੇ ਕੇਸ ਅਜੇ ਵੀ ਆ ਰਹੇ ਹਨ, ਇਸ ਲਈ ਅਸੀਂ ਇਸ ਬਿਮਾਰੀ ਸਬੰਧੀ ਅਵੇਸਲੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕੋਈ ਵੀ 5 ਸਾਲ ਤੋਂ ਘੱਟ ਉਮਰ ਦਾ ਬੱਚਾ ਪਲਸ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਹਾ ਤਾਂ ਜੋ ਇਸ ਵੱਡੇ ਕਾਰਜ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਜਾ ਸਕੇ। ਸ੍ਰੀ ਸੰਦੀਪ ਹੰਸ ਨੇ ਇੰਦਰਧਨੁਸ਼ ਮੁਹਿੰਮ ਨੂੰ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਡੋਜ਼ ਨਾਲ ਜੋੜਦਿਆਂ ਘਰ-ਘਰ ਸਰਵੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ 1834 ਟੀਮਾਂ ਵੱਲੋਂ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ ਨੇ ਕਿਹਾ ਕਿ 26 ਮੋਬਾਇਲ ਟੀਮਾਂ ਸਮੇਤ 33 ਟਰਾਂਸਿਟ ਪੁਆਇੰਟਸ, ਭੱਠਿਆਂ, ਸਲੱਮ ਬਸਤੀਆਂ, ਫੈਕਟਰੀਆਂ, ਉਸਾਰੀ ਥਾਵਾਂ ਆਦਿ ਸਮੇਤ ਜ਼ਿਲ੍ਹੇ ਦੇ 384 ਵੱਖ-ਵੱਖ ਸਥਾਨਾਂ ਜਿਵੇਂ ਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸੜਕਾਂ ਕਿਨਾਰੇ, ਫਾਰਮ ਹਾਊਸ, ਫੈਕਟਰੀਆਂ ਅਤੇ ਹੋਰ ਜਨਤਕ ਸਥਾਨਾਂ ‘ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ।
ਉਨ੍ਹਾਂ ਦੱਸਿਆ ਕਿ 3 ਲੱਖ 90 ਹਜ਼ਾਰ 110 ਘਰਾਂ ‘ਚ ਜਾ ਕੇ ਕੁਲ 3852 ਵੈਕਸੀਨੇਟਰ ਪੋਲੀਓ ਬੂੰਦਾਂ ਪਿਲਾਉਣਗੇ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 192 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਨੂੰ ਬੂਥਾਂ ‘ਤੇ ਅਤੇ 28 ਫਰਵਰੀ ਤੇ 1 ਮਾਰਚ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ ਅਤੇ ਇਸ ਦੌਰਾਨ ਕੋਵਿਡ ਤੋਂ ਬਚਾਅ ਲਈ ਵਿਵਹਾਰ ਦੀ ਪਾਲਣਾ ਲਾਜਮੀ ਕੀਤੀ ਜਾਵੇ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।

Leave a Reply

Your email address will not be published. Required fields are marked *